ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ
ਜ਼ਿਲ੍ਹੇ ਦੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ
ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਸੈਮੀਨਾਰ – ਕੁਲਦੀਪ ਸਿੰਘ ਧਾਲੀਵਾਲ
ਸ਼ੈਰੀ ਕਲਸੀ ਵੱਲੋਂ ਸੂਬੇ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ
ਕਿਹਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਬਟਾਲਾ/ਗੁਰਦਾਸਪੁਰ, 3 ਦਸੰਬਰ (IPT BUREAU) – ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਦਾਣਾ ਮੰਡੀ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ।ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਚੁਣੇ ਗਏ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ।
ਸਹੁੰ ਚੁਕਾਉਣ ਤੋਂ ਪਹਿਲਾਂ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨ੍ਹਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।
ਸ. ਧਾਲੀਵਾਲ ਨੇ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾ ਕਰਕੇ ਪੰਚਾਇਤੀ ਫੈਸਲਿਆਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਪੰਚ/ਪੰਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ।
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਭ ਤੋਂ ਪਹਿਲਾਂ ਪੰਚਾਇਤੀ ਰਾਜ ਐਕਟ ਨੂੰ ਪੜ੍ਹ ਕੇ ਆਪਣੇ ਅਧਿਕਾਰਾਂ ਤੇ ਫਰਜਾਂ ਪ੍ਰਤੀ ਜਾਣੂ ਹੋਣ। ਉਨ੍ਹਾਂ ਕਿਹਾ ਕਿ ਚੁਣੇ ਗਏ ਪੰਚਾਇਤੀ ਨੁਮਾਇੰਦਿਆਂ ਵਿੱਚ 50 ਫੀਸਦੀ ਮਹਿਲਾਵਾਂ ਚੁਣੀਆਂ ਗਈਆਂ ਹਨ ਅਤੇ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਖੁਦ ਅੱਗੇ ਹੋ ਕੇ ਪੰਚਾਇਤ ਦੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਵੀ ਲਗਾਏ ਜਾਣਗੇ।
ਇਸ ਤੋਂ ਪਹਿਲਾਂ ਸਰਪੰਚਾਂ ਤੇ ਪੰਚਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਅਤੇ ਸਭ ਤੋਂ ਅਹਿਮ ਇਕਾਈ ਹੁੰਦੀਆਂ ਹਨ ਅਤੇ ਜੇਕਰ ਪਿੰਡ ਦੀ ਪੰਚਾਇਤ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਆਪਣਾ ਕੰਮ ਕਰੇ ਤਾਂ ਉਸ ਪਿੰਡ ਦੀ ਨੁਹਾਰ ਬਦਲ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਧੜੇਬੰਦੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਇਆ ਜਾ ਸਕੇ।
ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਸ੍ਰੀ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਪ ਦੇ ਸੂਬਾ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਅਤੇ ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ ਨੇ ਵੀ ਨਵੇਂ ਚੁਣੇ ਸਰਪੰਚ ਤੇ ਪੰਚ ਸਾਹਿਬਾਨ ਨੂੰ ਮੁਬਾਰਕਬਾਦ ਤੇ ਸ਼ੁਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕਰਕੇ ਉਨ੍ਹਾਂ ਦੇ ਕੰਮਕਾਜ ਵਿੱਚ ਮਦਦ ਕਰਨਗੇ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਜਨਾਬ ਸੁਹੇਲ ਕਾਸਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਸੀਨੀਅਰ ਆਪ ਆਗੂ ਮਨਦੀਪ ਸਿੰਘ ਗਿੱਲ, ਚੇਅਰਮੈਨ ਰਣਜੇਤ ਸਿੰਘ, ਮਲਕੀਤ ਸਿੰਘ ਵੈਰੋਨੰਗਲ, ਮਾਣਕ ਮਹਿਤਾ, ਗਗਨ ਬਟਾਲਾ, ਨਿੱਕੂ ਹੰਸਪਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਖੋਖਰ, ਪੀਟਰ ਮੱਟੂ, ਸੈਮੂਅਲ ਗਿੱਲ ਦਾਖਲਾ, ਵਿਕਰਮ ਚੌਹਾਨ,ਅਮਰੀਕ ਸਿੰਘ ਮਠਾਰੂ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਹਾਜ਼ਰ ਸਨ।