ਕੋਰੋਨਾ ਵਾਇਰਸ ਤੋਂ ਬਚਣ ਲਈ ‘ਮਾਸਕ ਹੀ ਵੈਕਸੀਨ ਹੈ’ – ਡਾ. ਭੱਲਾ
ਬਟਾਲਾ, 25 ਨਵੰਬਰ ( ਅਮਰੀਕ ਮਠਾਰੂ, ਸੰਧੂ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਪ੍ਰਤੀ ਜਾਗਰੂਕ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਇਸ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਡਾ. ਭੱਲਾ ਨੇ ਕਿਹਾ ਕਿ ਜਦੋਂ ਤੱਕ ਕੋਵਿਡ-19 ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫਤਹਿ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉਤੇ ਪਹਿਰਾ ਦਿੱਤਾ ਜਾਵੇ।
ਡਾ. ਭੱਲਾ ਨੇ ਕਿਹਾ ਕਿ ਕੋਵਿਡ ਪ੍ਰੋਟੋਕਾਲਾਂ, ਖਾਸ ਤੌਰ ’ਤੇ ਹੱਥ ਧੋਣ ਅਤੇ ਮਾਸਕ ਪਹਿਨਣ ਵਰਗੀਆਂ ਹਦਾਇਤਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਸਿਹਤ ਵਿਭਾਗ ਕੋਵਿਡ-19 ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਕੋਵਿਡ-19 ਦੀ ਸੰਭਾਵੀ ਦੂਸਰੀ ਲਹਿਰ ਵਿੱਚ ਵੀ ਪੰਜਾਬ ਜੇਤੂ ਹੋ ਕੇ ਉਭਰੇਗਾ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ-19 ਨੂੰ ਹਲਕੇ ਵਿੱਚ ਨਾ ਲੈਣ ਅਤੇ ਇਸ ਤੋਂ ਬਚਣ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
ਡਾ. ਭੱਲਾ ਨੇ ਬਟਾਲਾ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ-19 ਦਾ ਕੋਈ ਲੱਛਣ ਦਿਖਾਈ ਦਿੰਦਾ ਹੈ ਤਾਂ ਤੁਰੰਤ ਬਟਾਲਾ ਸਿਵਲ ਹਸਪਤਾਲ ਵਿਚੋਂ ਕੋਰੋਨਾ ਦਾ ਟੈਸਟ ਕਰਵਾਇਆ ਜਾਵੇ ਜੋ ਕਿ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤ ਕੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।