ਜ਼ਿਲ੍ਹਾ ਗੁਰਦਾਸਪੁਰ ਦੇ 142 ਪਿੰਡਾਂ ਦੇ 25069 ਘਰਾਂ ਨੂੰ ਪੀਣ ਲਈ ਮਿਲੇਗਾ ਫਿਲਟਰ ਹੋਇਆ ਨਹਿਰੀ ਪਾਣੀ – ਚੇਅਰਮੈਨ ਰਵੀਨੰਦਨ ਬਾਜਵਾ
ਪਿੰਡ ਪਾਰੋਵਾਲ ਤੇ ਕੁੰਜਰ ਵਿਖੇ ਲੱਗਣਗੇ ਵਾਟਰ ਟਰੀਟਮੈਂਟ ਪਲਾਂਟ
ਬਟਾਲਾ, (ਅਮਰੀਕ ਮਠਾਰੂ ) – ਪੰਜਾਬ ਸਰਕਾਰ ਵੱਲੋਂ ਹਰ ਘਰ ਜਲ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪੇਂਡੂ ਲੋਕਾਂ ਨੂੰ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਕਿਤੇ ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ, ਉੱਥੇ ਲੋਕਾਂ ਨੂੰ ਵਾਟਰ ਟਰੀਟਮੈਂਟ ਪਲਾਂਟਾਂ ਰਾਹੀ ਪੀਣ ਵਾਲੇ ਸਾਫ ਪਾਣੀ ਦੀ ਸਹੁਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਪਿੰਡਾਂ ਦੀ ਵਸੋਂ ਨੂੰ ਪੀਣ ਲਈ ਫਿਲਟਰ ਕਰਕੇ ਨਹਿਰੀ ਪਾਣੀ ਦੇਣ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚਲੇ ਨਹਿਰੀ ਪਾਣੀ ਦੇ 2 ਪ੍ਰੋਜੈਕਟਾਂ ਨਾਲ 142 ਪਿੰਡਾਂ ਦੇ 25069 ਘਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨਾਂ ਪ੍ਰੋਜੈਕਟਾਂ ਦੀ ਲਾਗਤ 123 ਕਰੋੜ ਰੁਪਏ ਹੈ। ਇਹ ਪ੍ਰੋਜੈਕਟ ਦਸੰਬਰ 2022 ਵਿਚ ਮੁਕੰਮਲ ਹੋਣਗੇ। ਚੇਅਰਮੈਨ ਬਾਜਵਾ ਨੇ ਦੱਸਿਆ ਕਿ ਇਨਾਂ ਸਕੀਮਾਂ ਅਧੀਨ ਪਿੰਡ ਪਾਰੋੋਵਾਲ (9 ਐਮਐਲਡੀ) ਅਤੇ ਕੰੁਜਰ (14 ਐਮਐਲਡੀ) ਪਿੰਡਾਂ ਵਿੱਚ ਵਾਟਰ ਟਰੀਟਮੈਂਟ ਪਲਾਂਟ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਪ੍ਰੋਜੈਕਟਾਂ ਦੀ ਸਾਂਭ-ਸੰਭਾਲ 10 ਸਾਲਾਂ ਲਈ ਸਬੰਧਤ ਠੇਕੇਦਾਰ/ਕੰਪਨੀਆਂ ਵੱਲੋਂ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਬਾਜਵਾ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਉਥੇ ਜਲ ਸਪਲਾਈ ਵਿਭਾਗ ਵੱਲੋਂ ਕਮਿਊਨਿਟੀ ਵਾਟਰ ਟਰੀਟਮੈਂਟ ਪਲਾਂਟ/ਆਰ.ਓ. ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲਂੋ ਪੇਂਡੂ ਲੋਕਾਂ ਨੂੰ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।