ਅਗਲੇ ਪੜਾਅ ਤਹਿਤ 60 ਸਾਲ ਤੋਂ ਵੱਧ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਲਗਾਈ ਜਾਵੇਗੀ ਵੈਕਸੀਨ : ਡਿਪਟੀ ਕਮਿਸ਼ਨਰ
ਬਟਾਲਾ, ( ਅਮਰੀਕ ਮਠਾਰੂ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਹਿ ਤਹਿਤ ਕੋਵਿਡ -19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਸਾਰੇ ਨਾਗਰਿਕ ਜਿਨਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਕਾ ਲਗਾਵਾਉਣ ਵਾਲੇ ਵਿਅਕਤੀ ਦੀ ਬਿਮਾਰੀ ਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ-19 ਟੀਕਾਕਰਨ ਇਕੋ ਇਕ ਹੱਲ ਹੈ ਅਤੇ ਜਿਹੜੇ ਵੀ ਵਿਅਕਤੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਦੇ ਘੇਰੇ ਵਿੱਚ ਆਉਂਦੇ ਹਨ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਕੋਰੋਨਾ ਤੋਂ ਬਚਾਅ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਮੁਫ਼ਤ ਅਤੇ ਅਦਾਇਗੀ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਟੀਕਾਕਰਨ ਦੀ ਸਹੂਲਤ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹਿਲਾਂ ਦੀ ਤਰਾਂ ਹੀ ਮੁਫਤ ਮੁਹੱਈਆ ਕਰਵਾਈ ਜਾਏਗੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਇਹ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਤੈਅ ਦਰਾਂ ਅਨੁਸਾਰ ਭੁਗਤਾਨ ਦੇ ਅਧਾਰ ’ਤੇ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਮਾਹਿਰਾਂ ਅਨੁਸਾਰ ਕੋਰੋਨਾ ਦਾ ਪ੍ਰਕੋਪ ਦੁਬਾਰਾ ਵੱਧ ਰਿਹਾ ਹੈ ਅਤੇ ਇਸ ਤੋਂ ਬਚਾਅ ਲਈ ਹਰ ਕਿਸੇ ਨੂੰ ਜਰੂਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਦੀ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਉਣ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਸਕੇ।

