ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

 

 

ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਜਾਰੀ ਰਹੇ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਜਸਪਿੰਦਰ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਸਿੱਖ ਧਰਮ ਦੀਆਂ ਰਵਾਇਤਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਕਿਹਾ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਗੁਰਮਤਿ ਦੀ ਨਿਰਮਲ ਨਿਰਾਲੀ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਅੱਜ ਦੀਆਂ ਮਨੁੱਖੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ’ਤੇ ਅਮਲ ਜ਼ਰੂਰੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਜਗਤ ਨੂੰ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਜੀ ਦੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਤੋਂ ਸੇਧ ਲੈਣ ਲਈ ਪ੍ਰੇਰਿਆ।  ਸਮਾਗਮ ਦੌਰਾਨ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਪ੍ਰੋ. ਕਰਤਾਰ ਸਿੰਘ ਦੀ ਪੁਸਤਕ ‘ਗੁਰੂ ਤੇਗ ਬਹਾਦਰ ਸਾਹਿਬ ਸੰਗੀਤ ਦਰਪਣ’ ਵੀ ਜਾਰੀ ਕੀਤੀ ਗਈ। ਇਹ ਪੁਸਤਕ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਮਲਕੀਤ ਸਿੰਘ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *