ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ : ਵਿਧਾਇਕ ਫ਼ਤਹਿ ਬਾਜਵਾ
ਬਟਾਲਾ, (ਅਮਰੀਕ ਮਠਾਰੂ ) – ਸੂਬਾ ਸਰਕਾਰ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ। ਕੌਮੀ ਏਕਤਾ ਦੇ ਸੰਦੇਸ਼ ਨਾਲ ਮਨਾਏ ਜਾ ਰਹੇ ਇਸ ਪੁਰਬ ਸਬੰਧੀ ਵਿਸ਼ੇਸ਼ ਪ੍ਰੋਗਰਾਮ 28 ਅਪਰੈਲ ਤੋਂ ਪਹਿਲੀ ਮਈ ਤੱਕ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਬੈਨਰ ਹੇਠ ਕਰਵਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਨਾਂ ਪ੍ਰੋਗਰਾਮਾਂ ਦਾ ਲੋਗੋ ਜਾਰੀ ਕਰ ਚੁੱਕੇ ਹਨ। ਉਨਾਂ ਕਿਹਾ ਕਿ ਸਰਕਾਰ, ਸ੍ਰੀ ਆਨੰਦਪੁਰ ਸਾਹਿਬ, ਬਾਬਾ ਬਕਾਲਾ ਅਤੇ ਕੀਰਤਪੁਰ ਸਾਹਿਬ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਇਨਾਂ ਜਸ਼ਨਾਂ ਦੇ ਹਿੱਸੇ ਵਜੋਂ ਸਮਰਪਿਤ ਕਰੇਗੀ।
ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਭਰ ਦੇ ਸਕੂਲਾਂ ਵਿੱਚ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਬਾਣੀ ਤੋਂ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਬਹੁਤ ਵੱਡੀ ਹੈ ਅਤੇ ਗੁਰੂ ਸਾਹਿਬ ਦੇ ਇਸ ਉਪਕਾਰ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿੱਚ ਰਾਜ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇਗੀ।