ਬਟਾਲਾ (ਰੰਜਨਦੀਪ ਸੰਧੂ):- ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਟਾਲਾ ਸਮੇਤ ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਵੱਡੇ ਸ਼ਹਿਰਾਂ ਵਿੱਚ ਰਹਿੰਦ-ਖੂੰਹਦ ਦਾ ਹੁਣ ਬਾਇਓ-ਪ੍ਰਬੰਧਨ ਕੀਤਾ ਜਾਵੇਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਇਹ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਬਟਾਲਾ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਲੁਧਿਆਣਾ, ਬਰਨਾਲਾ, ਮੁਕਤਸਰ, ਫਿਰੋਜ਼ਪੁਰ,ਜਲੰਧਰ, ਬਠਿੰਡਾ, ਮੁਹਾਲੀ, ਮੋਗਾ, ਪਟਿਆਲਾ, ਖੰਨਾ, ਮਾਲੇਰਕੋਟਲਾ, ਅਬੋਹਰ ਮਿਉਂਸਿਪਲ ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ 16 ਸ਼ਹਿਰਾਂ ਵਿੱਚ ਤਕਰੀਬਨ 56 ਲੱਖ ਮੀਟਰਿਕ ਟਨ ਰਹਿੰਦ-ਖੂੰਹਦ ਪੈਦਾ ਹੁੰਦੀ ਹੈ। ਪ੍ਰਵਾਨ ਕੀਤੀ ਗਈ ਡੀਪੀਆਰ ਤਹਿਤ ਰਹਿੰਦ ਖੂੰਹਦ ਦਾ ਨਿਪਟਾਰਾ 300 ਤੋਂ 900 ਰੁਪਏ ਪ੍ਰਤੀ ਮੀਟਰਿਕ ਟਨ ਦੀ ਲਾਗਤ ਨਾਲ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਸੂਬਾ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਸੰਪੂਰਨ ਮਲ ਪ੍ਰਬੰਧਨ ਅਤੇ ਵੇਸਟ ਵਾਟਰ ਪ੍ਰਬੰਧ ਵੀ ਕਿਤੇ ਜਾ ਰਹੇ ਹਨ ।

