ਕਿਹਾ – ਅਫ਼ਵਾਹਾਂ ਫੈਲਾਉਣ ਤੋਂ ਬਾਜ ਆਵੋ ਨਹੀਂ ਤਾਂ ਹੋਵੇਗੀ ਸਖਤ ਕਾਰਵਾਈ
ਬਟਾਲਾ, 25 ਮਾਰਚ ( ਅਮਰੀਕ ਮਠਾਰੂ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੋਸ਼ਲ ਮੀਡੀਆ ਉੱਪਰ ਕੋਰੋਨਾ ਵਾਇਰਸ ਨੂੰ ਲੈ ਕੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਖਬਰਦਾਰ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਉਹ ਅਫ਼ਵਾਹਾਂ ਫੈਲਾਉਣ ਦੀਆਂ ਕਾਰਵਾਈਆਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਝੂਠੀ ਅਫ਼ਵਾਹ ਵਿੱਚ ਨਾ ਆਉਣ ਅਤੇ ਸਿਰਫ਼ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਹੀ ਕਰਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਮਨੁੱਖਤਾ ਵਿਰੋਧੀ ਅਨਸਰ ਕੋਰੋਨਾ ਵਾਇਰਸ ਨੂੰ ਲੈ ਕੇ ਗਲਤ ਅਫ਼ਵਾਹਾਂ ਅਤੇ ਧਾਰਨਾਵਾਂ ਫੈਲਾਅ ਰਹੇ ਹਨ ਜਿਸ ਕਾਰਨ ਲੋਕ ਕੋਰੋਨਾ ਵਾਇਰਸ ਨੂੰ ਹਲਕੇ ਵਿੱਚ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਬਹੁਤ ਭਿਆਨਕ ਸਾਬਤ ਹੋ ਰਹੀ ਹੈ ਅਤੇ ਇਸ ਵਾਰ ਮੌਤਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਕਿਤੇ ਜਿਆਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਹਾਂਮਾਰੀ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਆਪਣੀ ਬੇਸ਼ਕੀਮਤੀ ਜਾਨ ਨੂੰ ਜਾਣਬੁੱਝ ਕੇ ਜ਼ੋਖਮ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ, ਜੁਕਾਮ ਦੇ ਲੱਛਣ ਹੋਣ ਤਾਂ ਉਸਨੂੰ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੋਰੋਨਾ ਦੇ ਮਰੀਜ਼ ਨੂੰ ਹਸਪਤਾਲ ਦੇਰੀ ਨਾਲ ਲੈ ਕੇ ਜਾਇਆ ਜਾਂਦਾ ਹੈ ਤਾਂ ਉਸ ਦੇ ਬਚਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹਫ਼ਤੇ ਦੇ ਸਾਰੇ ਦਿਨ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲੱਗ ਰਹੀ ਹੈ ਅਤੇ ਹਰ ਕਿਸੇ ਨੂੰ ਇਹ ਵੈਕਸੀਨ ਜਰੂਰ ਲਗਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।


