ਟੀਕਾਕਰਨ ਕੇਂਦਰਾਂ ਵਿੱਚ ਪ੍ਰਤੀਦਿਨ 2,75,675 ਟੀਕੇ ਲਗਾਉਣ ਦੀ ਸਮਰੱਥਾ
ਬਟਾਲਾ, 3 ਅਪ੍ਰੈਲ ( ਅਮਰੀਕ ਸਿੰਘ ਮਠਾਰੂ ) – ਪੰਜਾਬ ਵਿੱਚ ਕੋਵਿਡ -19 ਵਿਰੁੱਧ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1965 ਸਰਕਾਰੀ ਅਤੇ 296 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ। ਇਹਨਾਂ ਕੇਂਦਰਾਂ ਵਿੱਚ ਪ੍ਰਤੀ ਦਿਨ ਵਿਚ 2,75,675 ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਹੈ।![]()
![]()

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਨੇ ਹੁਣ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣ ਦਾ ਟੀਚਾ ਮਿੱਥਿਆ ਹੈ। ਇਸ ਤਹਿਤ ਸੂਬੇ ਵਿੱਚ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚੋਂ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕੋਵਿਡ ਵਿਰੁੱਧ ਰੋਗਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਇਹ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਣ ਲਈ ਪ੍ਰੇਰਿਤ ਕਰਨ ਵਿੱਚ ਸਿਲਸਿਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ।
ਕੋਵਿਡ ਦੇ ਟੀਕੇ ਸਬੰਧੀ ਲੋਕਾਂ ਦੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਸ. ਚੀਮਾ ਨੇ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਵੱਖ-ਵੱਖ ਟੈਸਟਾਂ ਅਤੇ ਤਜ਼ਰਬਿਆਂ ਤੋਂ ਬਾਅਦ ਹੀ ਇਹ ਟੀਕਾ ਲੋਕਾਂ ਲਈ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਹੂਲਤ ਦਾ ਪੂਰਾ-ਪੂਰਾ ਲਾਭ ਲੈਂਦਿਆਂ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ/ਹਸਪਤਾਲਾਂ ਵਿੱਚ ਇਹ ਟੀਕਾ ਹਫਤੇ ਦੇ 7 ਦਿਨਾਂ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ ਕੀਮਤ 250 ਰੁਪਏ ਤੈਅ ਕੀਤੀ ਹੈ।



