ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਵਿਖੇ ਤਿਆਰੀਆਂ ਮੁਕੰਮਲ
ਕਣਕ ਦੀ ਖਰੀਦ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਕੀਤੀ ਜਾਵੇਗੀ ਪਾਲਣਾ – ਸਕੱਤਰ ਮਾਰਕਿਟ ਕਮੇਟੀ
ਬਟਾਲਾ, 5 ਅਪ੍ਰੈਲ (ਅਮਰੀਕ ਮਠਾਰੂ ) – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਮੰਡੀ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਵਿਖੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਵਾਰ ਵੀ ਮੰਡੀਆਂ ਵਿੱਚ ਕੋਵਿਡ-19 ਪ੍ਰੋਟੋਕਾਲ ਤਹਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਦੇ ਹੋਏ ਨਿਰਵਿਘਨ ਖਰੀਦ ਕੀਤੀ ਜਾਵੇਗੀ। ਪਿਛਲੇ ਸਾਲ ਬਟਾਲਾ ਮੰਡੀ ਵਿੱਚ 97 ਹਜ਼ਾਰ ਟਨ ਕਣਕ ਦੀ ਫਸਲ ਵਿਕਣ ਲਈ ਆਈ ਸੀ ਅਤੇ ਇਸ ਵਾਰ ਵੀ ਏਨੀ ਹੀ ਫਸਲ ਆਉਣ ਦੀ ਉਮੀਦ ਹੈ।
ਬਟਾਲਾ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਮਾਰਕਿਟ ਕਮੇਟੀ ਬਟਾਲਾ ਦੇ ਸਕੱਤਰ ਸ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਮੰਡੀ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਬਟਾਲਾ ਮੰਡੀ ਦੀ ਸਫ਼ਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ ਸਪਲਾਈ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ ਇਸਦੇ ਨਾਲ ਹੀ ਪਬਲਿਕ ਹੈਲਥ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਮੰਡੀ ਵਾਈਜ਼ ਖਰੀਦ ਏਜੰਸੀਆਂ ਦੀ ਸੂਚੀ ਆੜ੍ਹਤੀਆਂ ਨੂੰ ਦੇ ਦਿੱਤੀ ਗਈ ਹੈ।
ਸਕੱਤਰ ਮਾਰਕਿਟ ਕਮੇਟੀ ਸ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਮਾਰਕੀਟ ਕਮੇਟੀ ਅਤੇ ਖਰੀਦ ੲੰਜੇਸੀਆਂ ਦੇ ਮੁਲਾਜਮਾਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸਾਵਧਾਨੀਆਂ ਵਰਤੀਆਂ ਜਾਣਗੀਆਂ।
ਉਨਾਂ ਕਿਹਾ ਕਿ ਬਟਾਲਾ ਦਾਣਾ ਮੰਡੀ ਵਿੱਚ ਮੁਕੰਮਲ ਸਫਾਈ ਅਤੇ ਸਿਹਤ ਸੁਰੱਖਿਆ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਛਿੜਕਾਅ ਕਰਵਾਇਆ ਜਾਵੇਗਾ, ਮੁੱਖ-ਯਾਰਡ ਅਤੇ ਸਬ-ਯਾਰਡ ਵਿੱਚ 500 ਲੀਟਰ ਪਾਣੀ ਦੀ ਸਮਰੱਥਾ ਵਾਲੀ ਟੈਂਕੀ ਸਮੇਤ ਪੈਂਡਲ ਨਾਲ ਚੱਲਣ ਵਾਲੇ ਵਾਸ਼-ਬੇਸਨ ਲਗਵਾਏ ਜਾਣਗੇ। ਉਨਾਂ ਕਿਹਾ ਕਿ ਮੰਡੀਆਂ ਵਿੱਚ ਜਰੂਰੀ ਸਹੂਲਤਾਂ ਜਿਸ ਤਰਾਂ ਪੀਣ ਵਾਲੇ ਸਾਫ ਪਾਣੀ ਦੇ ਪੁਖਤਾ ਪ੍ਰਬੰਧਾਂ, ਪਖਾਨੇ ਅਤੇ ਛਾਂ ਆਦਿ ਸਬੰਧੀ ਵਿਸ਼ੇਸ਼ ਧਿਆਨ ਜਾ ਰਿਹਾ ਹੈ।
ਸਕੱਤਰ ਮਾਰਕਿਟ ਕਮੇਟੀ ਨੇ ਕਿਹਾ ਕਿ ਆਪਸੀ ਦੂਰੀ ਬਣਾਉਣ ਲਈ ਮੰਡੀਆਂ ਦੇ ਯਾਰਡ ਅਤੇ ਖਰੀਦ ਕੇਂਦਰਾਂ ਵਿੱਚ ਪੇਂਟ ਨਾਲ 30 ਬਾਈ 30 ਫੁੱਟ ਦੇ ਖਾਨੇ ਬਣਾ ਦਿਤੇ ਜਾਣਗੇ ਅਤੇ ਕਿਸਾਨ ਆਪਣੀ ਫਸਲ ਉਸ ਖਾਨੇ ਵਿੱਚ ਹੀ ਢੇਰੀ ਕਰੇਗਾ। ਉਨਾਂ ਵੱਲੋਂ ਅੱਗੇ ਦੱਸਿਆ ਕਿ ਆੜਤੀਆਂ ਰਾਹੀਂ ਕਿਸਾਨਾਂ ਨੂੰ ਪ੍ਰਤੀ ਟਰਾਲੀ ਦੇ ਹਿਸਾਬ ਨਾਲ ਕੂਪਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜਰ ਵਰਤਣ ਜਾਂ ਸਾਬਣ-ਪਾਣੀ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ। ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਅਤੇ ਅਨਾਜ ਮੰਡੀਆਂ ਵਿੱਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ। ਇਸੇ ਤਰਾਂ ਦੂਸਰੇ ਵਿਅਕਤੀ ਤੋਂ ਦੂਰੀ ਵੀ ਬਣਾ ਕੇ ਰੱਖੀ ਜਾਵੇ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰਾਂ ਦਾ ਖਤਰਾ ਪੈਦਾ ਨਾ ਹੋਵੇ। ਜਿਨਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਜੁਕਾਮ, ਸਿਰ ਦਰਦ ਜਾਂ ਸਾਹ ਲੈਣ ਵਿੱਚ ਤਕਲੀਫ ਹੋਵੇ, ਉਹ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਜ਼ਰੂਰ ਲੈਣ।


2525

sandhu