ਮੰਡੀਆਂ ਵਿੱਚ ਆਪਣੀ ਫਸਲ ਵੀ ਵੇਚੋ ਅਤੇ ਕੋਰੋਨਾ ਤੋਂ ਵੀ ਬਚੋ
ਜ਼ਿਲ੍ਹੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਕਮਿਸ਼ਨਰ
ਬਟਾਲਾ, 7 ਅਪ੍ਰੈਲ ( ਅਮਰੀਕ ਮਠਾਰੂ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 10 ਅਪ੍ਰੈਲ ਤੋਂ ਸ਼ੁਰੂ ਹੋ ਕਣਕ ਦੀ ਸਰਕਾਰੀ ਖਰੀਦ ਦੌਰਾਨ ਮੰਡੀਆਂ ਵਿੱਚ ਆਪਣੀ ਕਣਕ ਵੇਚਣ ਦੇ ਨਾਲ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਵੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕੋਵਿਡ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕੋਵਿਡ-19 ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ 95 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਸ ਵਿਚੋਂ 10 ਮੁੱਖ ਯਾਰਡ, 14 ਸਬ ਯਾਰਡ ਅਤੇ 71 ਹੋਰ ਖਰੀਦ ਕੇਂਦਰ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਰੋਨਾ ਵਾਇ੍ਰਸ ਤੋਂ ਬਚਾਅ ਸਬੰਧੀ ਜਾਗਰੂਕਤਾ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਦੇ ਨਾਲ, ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਲੇਬਰ ਸਮੇਤ ਮੰਡੀਆਂ ਵਿਚ ਆਉਣ ਅਤੇ ਕੰਮ ਕਰਨ ਦੌਰਾਨ ਹਰ ਵਿਅਕਤੀ ਲਈ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਪਖਾਨਿਆਂ ਦੀ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਉਨਾਂ ਦੱਸਿਆ ਕਿ ਮੰਡੀਆਂ ਵਿੱਚ ਭੀੜ ਨਾ ਪਵੇ ਇਸ ਲਈ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਟੋਕਨ ਜਾਰੀ ਕੀਤੇ ਜਾਣਗੇ ਅਤੇ ਮਿਥੀ ਤਾਰੀਕ ਨੂੰ ਕਿਸਾਨ ਆਪਣੀ ਫਸਲ ਮੰਡੀ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ 30 ਬਾਈ 30 ਫੁੱਟ ਦੇ ਖਾਨੇ ਬਣਾਏ ਗਏ ਹਨ ਤਾਂ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅਹਿਤਿਆਤ ਵਰਤਦਿਆਂ ਪੂਰੀ ਸਫਲਤਾ ਨਾਲ ਕਿਸਾਨਾਂ ਦੀ ਫਸਲ ਨੂੰ ਖਰੀਦਿਆ ਜਾਵੇਗਾ। 


