
ਬਟਾਲਾ, 8 ਅਪ੍ਰੈਲ ( ਅਮਰੀਕ ਮਠਾਰ ) – ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਸਰਕਾਰੀ ਖਰੀਦ ਲਈ ਪੰਜਾਬ ਸਰਕਾਰ ਵੱੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਹੁਣ ਤੱਕ ਦਾ ਇਹ ਰਿਕਾਰਡ ਰਿਹਾ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਦੀ ਵੀ ਰੁਲਣ ਨਹੀਂ ਦਿੱਤਾ ਗਿਆ।
ਇਹ ਪ੍ਰਗਟਾਵਾ ਕਰਦਿਆਂ ਕਾਦੀਆਂ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਭਾਂਵੇਂ ਕੇਂਦਰ ਸਰਕਾਰ ਨੇ ਵੱਖ-ਵੱਖ ਤਰੀਕਿਆਂ ਨਾਲ ਸਰਕਾਰੀ ਖਰੀਦ ਤੋਂ ਪਾਸਾ ਵੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ, ਪਰ ਰਾਜ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਨੂੰ ਤਿਆਰ ਹੈ ਅਤੇ ਰਾਜ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਬਾਜਵਾ ਨੇ ਕਿਹਾ ਕਿ ਭਾਂਵੇ ਇਸ ਸਮੇਂ ਕੋਰੋਨਾ ਦੇ ਕੇਸਾਂ ਵਿੱਚ ਵੱਡਾ ਵਾਧਾ ਹੋਇਆ ਹੈ ਪਰ ਇਸਦੇ ਬਾਵਜੂਦ ਸਰਕਾਰ ਵੱਲੋਂ ਮੰਡੀਆਂ ਵਿੱਚ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਦੇ ਹੋਏ ਫਸਲ ਖਰੀਦੀ ਜਾਵੇਗੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਵੀ ਕਿਹਾ ਕਿ ਉਹ ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਦੱਸੀ ਤਰੀਕ ਨੂੰ ਵੀ ਮੰਡੀ ਵਿੱਚ ਫਸਲ ਲਿਆਉਣ ਅਤੇ ਮਾਸਕ ਜਰੂਰ ਲਗਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਪ੍ਰੋਟੋਕਾਲ ਤਹਿਤ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣਗੇ।