ਲੋਕਾਂ ਨੂੰ ਵੈਕਸੀਨ ਲਗਵਾਉਣ ਬਾਰੇ ਪ੍ਰੇਰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ, ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਬਟਾਲਾ ਸ਼ਹਿਰ ਵਿੱਚ 25 ਪ੍ਰਚਾਰ ਰਿਕਸ਼ੇ ਚਲਾਏ

ਲੋਕਾਂ ਨੂੰ ਵੈਕਸੀਨ ਲਗਵਾਉਣ ਬਾਰੇ ਪ੍ਰੇਰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਬਟਾਲਾ ਸ਼ਹਿਰ ਵਿੱਚ 25 ਪ੍ਰਚਾਰ ਰਿਕਸ਼ੇ ਚਲਾਏ

 

ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕਰਨ ਲਈ ਵੈਕਸੀਨ ਲਗਵਾਉਣੀ ਬੇਹੱਦ ਜ਼ਰੂਰੀ – ਡਿਪਟੀ ਕਮਿਸ਼ਨਰ

ਬਟਾਲਾ, 11 ਅਪ੍ਰੈਲ ( ਅਮਰੀਕ ਮਠਾਰੂ ) – ਕੋਵਿਡ-19 ਮਹਾਂਮਾਰੀ ਦੇ ਦਿਨੋਂ-ਦਿਨ ਵੱਧਦੇ ਖਤਰੇ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਅਤੇ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਅੱਜ ਬਟਾਲਾ ਸ਼ਹਿਰ ਵਿੱਚ ਲੋਕਾਂ ਨੂੰ ਕੋਵਿਡ ਵੈਕਸੀਨ ਬਾਰੇ ਜਾਗਰੂਕ ਕਰਨ ਲਈ 25 ਵਿਸ਼ੇਸ਼ ਪ੍ਰਚਾਰ ਰਿਕਸ਼ੇ ਚਲਾਏ ਗਏ ਜੋ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਜਾ ਕੇ ਲੋਕਾਂ ਤੱਕ ਪਹੁੰਚ ਕਰਨਗੇ। ਬਟਾਲਾ ਸ਼ਹਿਰ ਵਿਖੇ ਅੱਜ ਸਵੇਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਏ ਇਨ੍ਹਾਂ 25 ਪ੍ਰਚਾਰ ਰਿਕਸ਼ਿਆਂ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਅਤੇ ਐੱਸ.ਐੱਚ.ਓ. ਥਾਣਾ ਸਿਵਲ ਲਾਈਨ ਅਮੋਲਕ ਸਿੰਘ ਵੱਲੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਹਰ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਕਿਉਂਕਿ ਇਸ ਨਾਲ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਉੱਪਰ ਬਿਲਕੁੱਲ ਯਕੀਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਸਿਵਲ ਹਸਪਤਾਲ ਤੋਂ ਇਲਾਵਾ ਹਰ ਰੋਜ਼ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਨਾਗਰਿਕਾਂ ਨੂੰ ਅੱਜ ਹੀ ਵੈਕਸੀਨ ਲਗਵਾ ਕੇ ਆਪਣਾ, ਆਪਣੇ ਪਰਿਵਾਰ ਅਤੇ ਸਮਾਜ ਦਾ ਭਲਾ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਸਬੰਧੀ ਸੋਸਲ ਮੀਡੀਆਂ ਉਪਰ ਜੋ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਉੱਪਰ ਬਿਲਕੁਲ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅਫ਼ਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਵਾਉਣ ਤਾਂ ਜੋ ਅਸੀਂ ਸਾਰੇ ਮਿਲ ਕੇ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕਰ ਸਕੀਏ।

 

Leave a Reply

Your email address will not be published. Required fields are marked *