ਬਟਾਲਾ, 12 ਅਪ੍ਰੈਲ ( ਅਮਰੀਕ ਮਠਾਰੂ ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਰਾਹੁਲ (ਆਈ.ਏ.ਐੱਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਵਾਉਣ ਅਤੇ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਬਿਨਾਂ ਦੇਰੀ ਆਪਣਾ ਟੈਸਟ ਕਰਵਾਉਣ। ਸ੍ਰੀ ਰਾਹੁਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਵਾਲੇ ਵਿਅਕਤੀਆਂ ਦਾ ਕੋਰੋਨਾ ਟੈਸਟ ਜਰੂਰ ਕਰਨ ਅਤੇ ਪੋਜ਼ਟਿਵ ਮਰੀਜ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੇ ਟੈਸਟ ਕੀਤੇ ਜਾਣ ਤਾਂ ਜੋ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
Adv.
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਮੂਹ ਮੋਹਤਬਰ ਵਿਅਕਤੀਆਂ, ਕੌਂਸਲਰਾਂ, ਪੰਚਾਂ ਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪ ਖੁਦ ਵੈਕਸੀਨ ਲਗਾਉਣ ਅਤੇ ਦੂਸਰੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਜਿਥੇ ਵੈਕਸੀਨ ਲਗਵਾਉਣੀ ਜਰੂਰੀ ਹੈ, ਉਸਦੇ ਨਾਲ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਵੀ ਜਰੂਰੀ ਹੈ
Adv.
ਉਨਾਂ ਅੱਗੇ ਕਿਹਾ ਕਿ ਮੋਜੂਦਾ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਬਿਮਾਰੀ ਦੇ ਕੇਸ ਦਿਨੋ ਦਿਨ ਵੱਧ ਰਹੇ ਹਨ ਅਤੇ ਇਸ ਦੌਰਾਨ ਸਾਵਧਾਨੀਆਂ ਦੀ ਹੋਰ ਸਖਤੀ ਨਾਲ ਪਾਲਣ ਕਰਨ ਦੀ ਜਰੂਰਤ ਹੈ। ਉਨਾਂ ਕਿਹਾ ਕਿ ਕੋਰੋਨਾ ਬਿਮਾਰੀ ਦੇ ਲੱਛਣ ਹੋਣ ’ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਅਤੇ ਤੁਰੰਤ ਆਪਣਾ ਟੈਸਟ ਕਰਾਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਘਰ ਵਿਚ ਏਕਾਂਤਵਾਸ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜੋ ਕਿ ਬਿਲਕੁਲ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ, ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
Adv.

