ਬਟਾਲਾ, 24 ਅਪ੍ਰੈਲ ( ਅਮਰੀਕ ਮਠਾਰੂ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰੀ ਕਰ ਲਈ ਗਈ ਹੈ ਅਤੇ ਸਰਕਾਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ।
ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ ਦੇਖਦਿਆਂ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਮਾਹਿਰਾਂ ਦਾ ਗਰੁੱਪ ਬਣਾਇਆ ਗਿਆ ਹੈ ਜਿਸ ਵਿੱਚ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀ.ਐਮ.ਸੀ. ਵੈਲੋਰ ਦੇ ਕਮਿਊਨਟੀ ਹੈਲਥ ਦੇ ਪ੍ਰੋਫੈਸਰ ਡਾ.ਜੈਕਬ ਜੌਹਨ ਅਤੇ ਪੀ.ਜੀ.ਆਈ. ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।
Adv.
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਵੈਕਸੀਨ ਦਾ ਕੋਈ ਮਾੜਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਰਾਜ ਸਰਕਾਰ ਪੂਰੇ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਕੋਰੋਨਾ ਉਪਰ ਫ਼ਤਹਿ ਹਾਸਲ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਵਿਅਕਤੀ ਅੱਜ ਹੀ ਵੈਕਸੀਨ ਲਗਵਾ ਕੇ ਕੋਵਿਡ ਨੂੰ ਹਰਾਉਣ ਵਿੱਚ ਆਪਣਾ ਯੋਗਦਾਨ ਪਾਉਣ।
Adv.

