ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਡੀ.ਸੀ. ਵੱਲੋਂ ਬਟਾਲਾ ਸ਼ਹਿਰ ਦੇ ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ
ਬਟਾਲਾ, 7 ਮਈ ( ਅਮਰੀਕ ਮਠਾਰੂ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦਾ ਟੀਕਾਕਰਨ ਜਲਦੀ ਮੁਕੰਮਲ ਹੋ ਸਕੇ। ਡਿਪਟੀ ਕਮਿਸ਼ਨਰ ਅੱਜ ਬਟਾਲਾ ਸ਼ਹਿਰ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਨਿਰੀਖਣ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ 45 ਸਾਲ ਤੋਂ ਉਪਰ ਦੇ 35 ਫੀਸਦੀ ਵਿਅਕਤੀਆਂ ਨੂੰ ਅਜੇ ਵੀ ਵੈਕਸੀਨ ਲੱਗਣ ਵਾਲੀ ਰਹਿੰਦੀ ਹੈ, ਇਸ ਲਈ ਸਿਹਤ ਵਿਭਾਗ ਨੂੰ ਵੈਕਸੀਨੇਸ਼ਨ ਵਿੱਚ ਹੋਰ ਤੇਜ਼ੀ ਲਿਆਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਵਿੱਚ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਵੱਲੋਂ ਸਰਗਰਮ ਰੋਲ ਨਿਭਾਇਆ ਜਾਵੇ ਅਤੇ 45 ਸਾਲ ਤੋਂ ਉੱਪਰ ਉਮਰ ਦੇ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਜਲਦ ਤੋਂ ਜਲਦ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਮੁਹੱਲੇ ਵਿੱਚ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾਂਦੇ ਹਨ ਓਥੋਂ ਦੇ ਕੌਂਸਲਰ ਅਤੇ ਸਥਾਨਕ ਮੋਹਤਬਰਾਂ ਦਾ ਸਹਿਯੋਗ ਵੀ ਲਿਆ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਹਰਭਜਨ ਰਾਮ, ਐੱਸ.ਐੱਮ.ਓ. ਡਾ. ਸੰਜੀਵ ਭੱਲਾ, ਤਹਿਸੀਲਦਾਰ ਜਸਕਰਨਜੀਤ ਸਿੰਘ ਵੀ ਮੌਜੂਦ ਸਨ।