ਬਟਾਲਾ ਸ਼ਹਿਰ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਿਆ ਜਾਵੇਗਾ – ਮੇਅਰ ਸੁਖਦੀਪ ਸਿੰਘ ਤੇਜਾ
ਬਟਾਲਾ, 13 ਮਈ ( ਅਮਰੀਕ ਮਠਾਰੂ/ ਗੁਰੀ ਸੰਧੂ ) – ਧਾਰਮਿਕ ਅਤੇ ਇਤਿਹਾਸਕ ਨਗਰ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬਟਾਲਾ ਸ਼ਹਿਰ ਦੇ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਨੂੰ ਨੇਪਰੇ ਚਾੜਿਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਗਲੀਆਂ ਨੂੰ ਨਵਾਂ ਬਣਾਇਆ ਗਿਆ ਹੈ ਅਤੇ ਸੀਵਰੇਜ ਅਤੇ ਜਲ ਸਪਲਾਈ ਦੇ ਪ੍ਰੋਜੈਕਟ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।
Adv.
ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਹੰਸਲੀ ਨਾਲੇ ਦੇ ਸਾਇਡ-ਲਾਈਨਿੰਗ ਤੇ ਸੁੰਦਰੀਕਰਨ ਪ੍ਰੋਜੈਕਟ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਟਰੈਫਿਕ ਸਮੱਸਿਆ ਦਾ ਹੱਲ ਹੋਵੇਗਾ ਅਤੇ ਸ਼ਹਿਰ ਦੀ ਖੂਬਸੂਰਤੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਦਾ ਵੀ ਖਾਕਾ ਤਿਆਰ ਕੀਤਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ।
Adv.
ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਮੁਰੰਮਤ ਕਰਨ ਦੇ ਨਾਲ ਇਨ੍ਹਾਂ ਦੀ ਵਿਰਾਸਤੀ ਦਿੱਖ ਨੂੰ ਉਭਾਰਿਆ ਜਾਵੇਗਾ ਅਤੇ ਇਸ ਕੰਮ ਦੀ ਵੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਫ਼ਾਈ ਪੱਖੋਂ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਸਫ਼ਾਈ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ।

