ਕਾਦੀਆਂ 4 ਜੁਲਾਈ (ਗੁਰਪ੍ਰੀਤ ਸਿੰਘ ਮੱਲ੍ਹੀ )ਪੁਲੀਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਘੁਮਾਣ ਅੰਦਰ ਪਿੰਡ ਪੁਰਾਣੇ ਬਲੜਵਾਲ ਦੇ ਵਿੱਚ ਪਿੰਡ ਦੇ ਹੀ ਵਿਅਕਤੀ ਵੱਲੋਂ ਜ਼ਮੀਨੀ ਵਿਵਾਦ ਦੇ ਚਲਦਿਆਂ ਪੈਲੀ ਵਿਚ ਕੰਮ ਕਰ ਰਹੇ ਇੱਕੋ ਪਰਿਵਾਰ ਦੇ ਛੇ ਜੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਜਿਸ ਦੌਰਾਨ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਜਾਣਿਆਂ ਦੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਚ ਜ਼ਖਮੀ ਦੱਸੇ ਜਾ ਰਹੇ ਹਨ ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਹੀ ਰਹਿਣ ਵਾਲੇ ਇੱਕ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਪਰਿਵਾਰਕ ਜੀਆਂ ਦੇ ਉਤੇ ਗੋਲੀਆਂ ਚਲਾ ਦਿੱਤੀਆਂ ।ਘਟਨਾ ਸਥਾਨ ਤੇ ਪੁੱਜੇ ਬਟਾਲਾ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਮੰਗਲ ਸਿੰਘ’ ਮੰਗਲ ਸਿੰਘ ਪੁੱਤਰ ਉਜਾਗਰ ਸਿੰਘ, ਜਸਬੀਰ ਸਿੰਘ ਪੁੱਤਰ ਮੰਗਲ ਸਿੰਘ, ਬਬਨਦੀਪ ਸਿੰਘ ਪੁੱਤਰ ਜਸਪਾਲ ਸਿੰਘ, ਦੀ ਮੌਤ ਹੋ ਚੁੱਕੀ ਹੈ ਜਦਕਿ ਜ਼ਖ਼ਮੀਆਂ ਵਿੱਚ ਜਸ਼ਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ,ਹਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਸੁੱਖਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ।ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦੇ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ।ਉਧਰ ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਅੰਦਰ ਦਹਿਸ਼ਤ ਵਰਗਾ ਮਾਹੌਲ ਪਾਇਆ ਜਾ ਰਿਹਾ ਸੀ ।
ਉੱਧਰ ਦੂਜੇ ਪਾਸੇ ਪਿੰਡ ਪੁਰਾਣਾ ਬੱਲੜਵਾਲ ਘਟਨਾ ਸਥਾਨ ਤੇ ਪੁੱਜੇ ਬਟਾਲਾ ਦੇ ਐੱਸਐੱਸਪੀ ਰਛਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰ ਦੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੋਨੀ ਪੁੱਤਰ ਦੀਦਾਰ ਸਿੰਘ ਅਤੇ ਉਸਦੇ ਨਾਲ ਉਸਦਾ ਭਰਾ ਜਤਿੰਦਰ ਸਿੰਘ ਨੇ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਸਿੱਧੀਆਂ ਗੋਲੀਆਂ ਚਲਾਈਆਂ ਜਿਸ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।
Adv.

