ਨਸ਼ਿਆਂ ਦੇ ਖਾਤਮੇ ਲਈ ਪਬਲਿਕ ਵੀ ਪੁਲਿਸ ਦੀ ਮਦਦਗਾਰ ਬਣੇ – ਐੱਸ.ਐੱਸ.ਪੀ. ਬਟਾਲਾ

ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਐੱਸ.ਐੱਸ.ਪੀ. ਬਟਾਲਾ ਨੇ ਦਿੱਤੇ ਨਿਰਦੇਸ਼

ਨਸ਼ਿਆਂ ਦੇ ਖਾਤਮੇ ਲਈ ਪਬਲਿਕ ਵੀ ਪੁਲਿਸ ਦੀ ਮਦਦਗਾਰ ਬਣੇ – ਐੱਸ.ਐੱਸ.ਪੀ. ਬਟਾਲਾ

ਬਟਾਲਾ, 27 ਅਗਸਤ ( ਅਮਰੀਕ ਮਠਾਰੂ /ਗੁਰਿੰਦਰ ਸੰਧੂ ) – ਐੱਸ.ਐੱਸ.ਪੀ. ਬਟਾਲਾ ਸ੍ਰੀ ਅਸ਼ਵਨੀ ਕਪੂਰ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਨਸ਼ਿਆਂ  ਸਬੰਧੀ ਛਪੀ ਇੱਕ ਖਬਰ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ ਅਤੇ ਸਮੂਹ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇੱਕ ਵੀ ਨਸ਼ਾ ਤਸਕਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚ ਸੁੱਟਣ ਵਾਲੇ ਨਸ਼ੇ ਦੇ ਵਪਾਰੀਆਂ ਨੂੰ ਕਿਸੇ ਵੀ ਹਾਲ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਸਖਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਪੁਲਿਸ ਕਰਮੀਆਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਐੱਸ.ਐੱਸ.ਪੀ. ਬਟਾਲਾ ਨੇ ਸ੍ਰੀ ਹਰਗੋਬਿੰਦਪੁਰ ਦੇ ਡੀ.ਐੱਸ.ਪੀ. ਅਤੇ ਘੁਮਾਣ ਥਾਣੇ ਦੇ ਐੱਸ.ਐੱਚ.ਓ. ਨੂੰ ਹਦਾਇਤ ਕੀਤੀ ਹੈ ਕਿ ਪਿੰਡ ਦਕੋਹਾ ਸਮੇਤ ਪੂਰੇ ਇਲਾਕੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਵਿਸ਼ੇਸ਼ ਰੇਡ ਮਾਰੇ ਜਾਣ, ਨਾਕਾਬੰਦੀ ਕੀਤੀ ਜਾਵੇ ਅਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਫੜ੍ਹ ਕੇ ਸਿਲਾਖਾਂ ਪਿੱਛੇ ਭੇਜਿਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਾਥ ਦੇਣ ਤਾਂ ਜੋ ਇਸ ਲਾਹਨਤ ਨੂੰ ਮਿਲ ਕੇ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਕੋਈ ਸੂਚਨਾ ਹੈ ਤਾਂ ਉਹ ਪੁਲਿਸ ਅਧਿਕਾਰੀਆਂ ਨਾਲ ਇਹ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।

Adv.

ਐੱਸ.ਐੱਸ.ਪੀ. ਬਟਾਲਾ ਸ੍ਰੀ ਅਸ਼ਵਨੀ ਕਪੂਰ ਨੇ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮਜ਼ਬੂਰੀ ਵੱਸ ਨਸ਼ਿਆਂ ਦਾ ਆਦੀ ਹੋ ਵੀ ਗਿਆ ਹੈ ਤਾਂ ਉਸ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਤੋਂ ਆਪਣਾ ਇਲਾਜ ਕਰਵਾ ਕੇ ਨਸ਼ਿਆਂ ਤੋਂ ਨਿਜਾਤ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਓਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।

Adv.

Leave a Reply

Your email address will not be published. Required fields are marked *