ਵਿਰਾਸਤੀ ਮੰਚ ਬਟਾਲਾ ਨੇ ਪਾਕਿਸਤਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ’ਤੇ ਘੋਰ ਨਿੰਦਾ ਕੀਤੀ
ਕਿਹਾ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਨੌਜਵਾਨਾਂ ਲਈ ਪ੍ਰੇਰਨਾ ਬਣੀ ਰਹੇਗੀ
ਬਟਾਲਾ, 11 ਨਵੰਬਰ ( IPT BUREAU) – ਭਾਰਤੀ ਉੱਪ ਮਹਾਂਦੀਪ ਉਪਰੋਂ ਅੰਗਰੇਜ਼ ਹਕੂਮਤ ਦੀ ਸਦੀਆਂ ਦੀ ਗੁਲਾਮੀ ਦੀ ਜ਼ੰਜੀਰਾਂ ਨੂੰ ਆਪਣੀ ਸ਼ਹਾਦਤ ਨਾਲ ਤੋੜਨ ਵਾਲੇ ਸ. ਭਗਤ ਸਿੰਘ ਨੂੰ ਪਾਕਿਸਤਾਨ ਵੱਲੋਂ ਅੱਤਵਾਦੀ ਕਹੇ ਜਾਣ ਦੀ ਵਿਰਾਸਤੀ ਮੰਚ, ਬਟਾਲਾ ਨੇ ਘੋਰ ਨਿੰਦਾ ਕੀਤੀ ਹੈ। ਮੰਚ ਦੇ ਸਰਪਰਸਤ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ ਅਤੇ ਹੋਰ ਅਹੁਦੇਦਾਰਾਂ ਨੇ ਪਾਕਿਸਤਾਨ ਦੀ ਇਸ ਕਾਰਵਾਈ ਵਿਰੁੱਧ ਨਿੰਦਾ ਪ੍ਰਸਤਾਵ ਪਾਸ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤੀ ਉੱਪ ਮਹਾਂਦੀਪ ਦੀ ਅਜ਼ਾਦੀ ਦਾ ਨਾਇਕ ਹੈ ਜਿਸ ਉੱਪਰ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਨੌਜਵਾਨਾਂ ਲਈ ਪ੍ਰੇਰਨਾ ਬਣੀ ਰਹੇਗੀ।
ਵਿਰਾਸਤੀ ਮੰਚ ਬਟਾਲਾ ਦੇ ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਟ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ ਪਾਕਿਸਤਾਨ ਵਿੱਚ ਭਗਤ ਸਿੰਘ ਫਾਊਂਡੇਸ਼ਨ ਦੇ ਅਹੁਦਾਰਾਂ ਅਤੇ ਪ੍ਰਧਾਨ ਇਮਤਿਆਜ਼ ਰਸ਼ੀਦ ਕੁਰੈਸ਼ੀ ਵੱਲੋਂ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਚੌਂਕ ਰੱਖਣ ਅਤੇ ਭਗਤ ਸਿੰਘ ਦਾ ਬੁੱਤ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ, ਕਿਉਂਕਿ ਇਹ ਓਹੀ ਜਗ੍ਹਾ ਹੈ ਜਿਥੇ ਸ. ਭਗਤ ਸਿੰਘ ਅਤੇ ਉਸਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵੱਲੋਂ ਲਾਹੌਰ ਹਾਈ ਕੋਰਟ ਵਿੱਚ ਇਸ ਚੌਂਕ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਚੌਂਕ ਰੱਖਣ ਦੀ ਪਟੀਸ਼ਨ ਪਾਈ ਹੋਈ ਹੈ, ਜਿਸਦੀ ਸੁਣਵਾਈ ਦੌਰਾਨ ਪਾਕਿਸਤਾਨ ਸਰਕਾਰ ਤੇ ਲਾਹੌਰ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਗਤ ਸਿੰਘ ਨੂੰ ਕ੍ਰਾਂਤੀਕਾਰੀ ਮੰਨਣ ਤੋਂ ਇਨਕਾਰ ਕਰਦਿਆਂ ਅੱਤਵਾਦੀ ਕਿਹਾ ਗਿਆ ਹੈ। ਐਡਵੋਕੇਟ ਮਾਂਗਟ ਨੇ ਕਿਹਾ ਕਿ ਪਾਕਿਸਤਾਨ ਦੀ ਭਗਤ ਸਿੰਘ ਬਾਰੇ ਸੋਚ ਇਹ ਦਰਸਾਉਂਦੀ ਹੈ ਕਿ ਉਹ ਅਜੇ ਵੀ ਬਸਤੀਵਾਦੀ ਰਾਜ ਦਾ ਹਮਾਇਤੀ ਹੈ ਅਤੇ ਉਸ ਨੂੰ ਜੰਗ-ਏ-ਅਜ਼ਾਦੀ ਦੇ ਨਾਇਕਾਂ ਦਾ ਕੋਈ ਸਨਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੀ ਗਲਤੀ ਦੀ ਮੁਆਫ਼ੀ ਮੰਗ ਕੇ ਲਾਹੌਰ ਵਿੱਚ ਸ਼ਹੀਦ ਭਗਤ ਸਿੰਘ ਨੂੰ ਬਣਦਾ ਸਨਮਾਨ ਦੇਣਾ ਚਾਹੀਦਾ ਹੈ।




