ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਦੋਵਾਂ ਬਲਾਕਾਂ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ
ਬਟਾਲਾ , 25 ਜੁਲਾਈ (ਅਮਰੀਕ ਮਠਾਰੂ)
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਅਤੇ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਰਹੇ।
ਦੌਰੇ ਦੌਰਾਨ ਸਰਕਾਰੀ ਹਾਈ ਸਕੂਲ ਤੁਗਲਵਾਲ, ਸਰਕਾਰੀ ਹਾਈ ਸਕੂਲ ਬਸਰਾਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਅਤੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਕਿੱਤਾ-ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਦੱਸਿਆ ਕਿ ਸਕੂਲਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਮੋਨੀਟਰਿੰਗ ਕਰਨ ਦੇ ਨਾਲ-ਨਾਲ ਗਾਈਡੈਂਸ ਕਾਰਨਰਾਂ, ਕਰੀਅਰ ਗਤੀਵਿਧੀਆਂ ਦੇ ਰਜਿਸਟਰਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਕਰਵਾਈ ਗਈ ਜਾਣਕਾਰੀ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਗਾਈਡੈਂਸ ਕਾਰਨਰ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਇੱਕ ਮਹੱਤਵਪੂਰਨ ਸਾਧਨ ਹਨ ਅਤੇ ਇਨ੍ਹਾਂ ਨੂੰ ਨਿਰੰਤਰ ਅਪਡੇਟ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ, ਪਿੰਡ ਅਤੇ ਸਮਾਜ ਨੂੰ ਵੀ ਨਸ਼ਾ-ਮੁਕਤ ਬਣਾਉਣ ਲਈ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਹੀ ਸਮੇਂ ‘ਤੇ ਮਿਲੀ ਕਰੀਅਰ ਗਾਈਡੈਂਸ ਵਿਦਿਆਰਥੀਆਂ ਦੀ ਜ਼ਿੰਦਗੀ ਦੀ ਦਿਸ਼ਾ ਬਦਲ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਨਸ਼ਾ-ਮੁਕਤ ਜੀਵਨ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦੇ ਮੁਖੀ ਗਗਨਦੀਪ ਸਿੰਘ ਵਿਰਕ ਵੱਲੋਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਰਾਜਪ੍ਰੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Adv.

ਆਪਣੇ ਸੰਬੋਧਨ ਵਿੱਚ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਕਰੀਅਰ ਗਾਈਡੈਂਸ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸਬੰਧੀ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਇਸ ਮਹੱਤਵਪੂਰਨ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਵੀ ਕੀਤਾ।
ਦੌਰੇ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗਾਈਡੈਂਸ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਦਿਆਰਥੀਆਂ ਨੇ ਕਰੀਅਰ, ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਆਪਣੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਪ੍ਰਾਪਤ ਕੀਤੇ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਅਜਿਹੇ ਦੌਰੇ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ।





