ਮਜੀਠੀਆ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਚੋਣ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ।
(ਅਮਰੀਕ ਮਠਾਰੂ ਰੰਜਨਦੀਪ ਸੰਧੂ)
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਟਰੈਕਟਰ ’ਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੁਲੀਸ ਨੇ ਰੋਕ ਲਿਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿਲੋਂ ਵੀ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਟਰੈਕਟਰਾਂ ’ਤੇ ਰਵਾਨਾ ਹੋਏ। ਮਜੀਠੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਉਚਿੱਤ ਚੋਣ ਕੀਤੀ ਹੈ
ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਨਾਂ ਸ਼ਾਮਲ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ। ਇਸ ਤੋਂ ਬਾਅਦ ਸਦਨ ਨੇ ਪ੍ਰਦਰਸ਼ਨਾਂ ਦੋਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਤੋਂ ਬਾਅਦ ਸਦਨ ਇਕ ਘੰਟੇ ਲਈ ਰੋਕ ਦਿੱਤਾ ਗਿਆ। ਸਦਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਅਕਾਲੀਆਂ ਨੇ ਬਾਹਰ ‘ਕਾਲੇ’ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।
ਨਵਜੋਤ ਸਿੰਘ ਸਿੱਧੂ ਵੀ ਕਾਫੀ ਲੰਬੇ ਸਮੇਂ ਬਾਅਦ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਏ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ‘ ਪੰਜਾਬ ਵਿਧਾਨ ਸਭਾ ਨੂੰ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਦੇ ਪ੍ਰਤੀਨਿਧਾਂ ਨੂੰ ਬੇਇਜ਼ਤ ਕਰਨ ਦੀ ਨਿਖੇਧੀ ਕਰਦਿਆਂ ਸਰਸੰਮਤੀ ਨਾਲ ਇਕ ਮਤਾ ਪਾਸ ਕਰਨਾ ਚਾਹੀਦਾ ਹੈ। ਅਜਿਹਾ ਕਰਕੇ ਭਾਜਪਾ ਨੇ ਸਿਰਫ ਕਿਸਾਨ ਭਾਈਚਾਰੇ ਨੂੰ ਹੀ ਨਹੀਂ ਸਗੋਂ ਪੰਜਾਬ ਨੂੰ ਵੀ ਬੇਇਜ਼ਤ ਕੀਤਾ ਹੈ।’‘