ਡੇਅਰੀ ਵਿਕਾਸ ਵਿਭਾਗ ਵਲੋਂ ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 14 ਦਸੰਬਰ ਤੋਂ
ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਰੀਫਰੈਸ਼ਮੈਂਟ, ਖਾਣਾ ਤੋਂ ਇਲਵਾ ਵਜ਼ੀਫਾ ਵੀ ਦਿੱਤਾ ਜਾਵੇਗਾ – ਤ੍ਰਿਪਤ ਬਾਜਵਾ
ਬਟਾਲਾ, 8 ਦਸੰਬਰ ( ਅਮਰੀਕ ਮਠਾਰੂ ਰੰਜਨਦੀਪ ਸੰਧੂ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਦੋ ਹਫਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਅਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਪਹਿਲਾ ਬੈਚ 14 ਦਸੰਬਰ ਤੋਂ ਸਾਰੇ ਸਿਖਲਾਈ ਸੈਂਟਰਾਂ ਤੇ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਵਿਡ ਦੇ ਹਾਲਾਤ ਠੀਕ ਰਹਿੰਦੇ ਹਨ ਤਾਂ ਚਾਰ ਹੋਰ ਬੈਚ ਵੀ ਸਾਰੇ ਸਿਖਲਾਈ ਕੇਂਦਰਾਂ ਤੇ ਚਲਾਏ ਜਾਣਗੇ। ਜਿਸ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਏਗੀ। ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਰੀਫਰੈਸ਼ਮੈਂਟ, ਖਾਣਾ ਤੋਂ ਇਲਵਾ ਵਜ਼ੀਫਾ ਵੀ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫਤ ਦਿੱਤਾ ਜਾਵੇਗਾ।
ਸ. ਬਾਜਵਾ ਨੇ ਦੱਸਿਆ ਕਿ ਇਹਨਾਂ ਸਿਖਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਵਿਭਾਗੀ ਕਮੇਟੀਆਂ ਵਲੋਂ ਕੀਤੀ ਜਾਵੇਗੀ। ਇਸ ਲਈ ਸਮੂਹ ਅਨਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ/ਡੇਅਰੀ ਫਾਰਮਰਾਂ/ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਜਾਂ ਆਪਣੇ ਜ਼ਿਲ੍ਹੇ ਵਿੱਚ ਪੈਂਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿੱਚ ਬਿਨੈ ਪੱਤਰ ਦੇਣ ਤਾਂ ਜੋ ਉਹਨਾਂ ਦਾ ਬਿਨੈ ਪੱਤਰ ਵਿਭਾਗੀ ਕਮੇਟੀ ਵਿੱਚ ਵਿਚਾਰਿਆ ਜਾ ਸਕੇ।

