ਸਾਬਕਾ ਡੀਜੀਪੀ ਸੁਮੇਧ ਸੈਣੀ ਕਾਨੂੰਨ ਦਾ ਰਖਵਾਲਾ ਬਣਿਆ ਕਾਨੂੰਨ ਦਾ ਭਗੌੜਾ

 

ਮੁਹਾਲੀ  6 ਸਤੰਬਰ ( ਰੰਜਨਦੀਪ ਸੰਧੂ, ਅਮਰੀਕ ਮਠਾਰੁ):- ਸ਼੍ਰੋਮਣੀ ਅਕਾਲੀ ਦਲ  ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਐਸਜੀਪੀਸੀ ਦੇ ਸਾਬਕਾ ਮੈਂਬਰ ਮੱਖਣ ਸਿੰਘ ਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ  ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਸੈਣੀ ਮਾਮਲੇ ਵਿੱਚ ਪੁਲੀਸ ਮਹਿਜ਼ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖ਼ੁਦ ਨੂੰ ਕਾਨੂੰਨ ਦਾ ਰਖਵਾਲਾ ਅਖਵਾਉਣ ਵਾਲੇ ਸੁਮੇਧ ਸੈਣੀ ਨੂੰ ਅਦਾਲਤ ਜਾਂ ਪੁਲੀਸ ਕੋਲ ਆਤਮ ਸਮਰਪਣ ਕਰਕੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ  ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਘਿਰੇ ਰਹੇ ਹਨ। ਤਿੰਨ ਦਹਾਕੇ ਪਹਿਲਾਂ ਐੱਸਐੱਸਪੀ ਦੇ ਅਹੁਦੇ ਉਤੈ  ਤਾਇਨਾਤੀ ਦੌਰਾਨ ਉਹ ਸਿੱਖਾਂ ਅਤੇ ਖਾੜਕੂਵਾਦ ਲਹਿਰ ਦੇ ਨਿਸ਼ਾਨੇ ’ਤੇ ਰਹੇ ਅਤੇ ਧੱਕੇਸ਼ਾਹੀ ਅਤੇ ਨਾ-ਇਨਸਾਫ਼ੀ ਦੇ ਦੋਸ਼ਾਂ ਨੇ ਉਨ੍ਹਾਂ ਦਾ ਡੀਜੀਪੀ ਬਣਨ ਤੋਂ ਬਾਅਦ ਵੀ ਪਿੱਛਾ ਨਹੀਂ ਛੱਡਿਆ। ਆਮ ਲੋਕਾਂ ਅਤੇ ਵੱਡੇ ਵੱਡਿਆਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਵਾਲਾ ਇਹ ਸ਼ਖ਼ਸ ਅੱਜ ਖੁ਼ਦ ਉਸੇ ਕਾਨੂੰਨ ਦਾ ਭਗੌੜਾ ਹੋ ਗਿਆ ਹੈ। ਸੈਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੂਪੋਸ਼ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਾਬਕਾ ਡੀਜੀਪੀ ਨੇ ਦਿੱਲੀ ਵਿੱਚ ਕਿਸੇ ਰਸੂਖਦਾਰ ਦੇ ਘਰ ਪਨਾਹ ਲਈ ਹੋਈ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ। ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ, ਕਹਿ ਕੇ ਗੱਲ ਨੂੰ ਟਾਲਿਆ ਜਾ ਰਿਹਾ ਹੈ।

Leave a Reply

Your email address will not be published. Required fields are marked *