ਪਿੰਡ ਹਰਦਾਨ, ਕਰਨਾਮਾ ਤੇ ਸ਼ਾਹਪੁਰ ਜਾਜਨ ਦੇ ਸਰਪੰਚਾਂ ਨੇ ਐੱਸ.ਐੱਸ.ਪੀ. ਬਟਾਲਾ ਨਾਲ ਮੁਲਾਕਾਤ ਕੀਤੀ
‘ਮਿਸ਼ਨ ਕਲੀਨ’ ਵਿੱਚ ਪੁਲਿਸ ਵਿਭਾਗ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਬਟਾਲਾ, 2 ਨਵੰਬਰ (ਅਮਰੀਕ ਮਠਾਰੂ/ਗੁਰਿੰਦਰ ਸੰਧੂ) – ਪਿੰਡ ਕਰਨਾਮਾ ਦੇ ਸਰਪੰਚ ਸਿਕੰਦਰ ਸਿੰਘ ਖੈਹਿਰਾ, ਹਰਦਾਨ ਦੇ ਸਰਪੰਚ ਗੁਰਦੀਪ ਸਿੰਘ ਬਾਜਵਾ, ਪਿੰਡ ਸ਼ਾਹਪੁਰ ਜਾਜਨ ਦੇ ਸਰਪੰਚ ਚਰਨਜੀਤ ਸਿੰਘ ਅਤੇ ਪੰਜਗਰਾਈਆਂ ਦੇ ਨਿਵਾਸੀ ਬਲਵਿੰਦਰ ਸਿੰਘ ਨੇ ਬਟਾਲਾ ਦੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ’ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਤਿੰਨਾਂ ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਐੱਸ.ਐੱਸ.ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ ਨਾਲ ਆਪਣੀ ਪਲੇਠੀ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਸਰਪੰਚ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਨੁਮਾਇੰਦੇ ਆਪਣਾ ਫਰਜ਼ ਸਮਝਦੇ ਹੋਏ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵਿਭਾਗ ਨੂੰ ਹਰ ਤਰਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਸਿਕੰਜਾ ਕੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਬਹਾਲੀ ਲਈ ਜੋ ਵੀ ਸਹਿਯੋਗ ਲੋੜੀਂਦਾ ਹੋਵੇਗਾ ਉਨ੍ਹਾਂ ਦੀਆਂ ਪੰਚਾਇਤਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।
Adv.
ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਬਟਾਲਾ ਪੁਲਿਸ ਅਮਨ-ਕਾਨੂੰਨ ਦੀ ਬਹਾਲੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਤੱਤ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਕਲੀਨ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਲਾਹਨਤ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸਾਰੇ ਥਾਣਾ ਮੁੱਖੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨੂੰ ਇਨਸਾਫ ਦੇਣ ਦੇ ਨਾਲ ਹਰ ਮੁਦੱਈ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ।
ADV.