ਸਿਵਲ ਹਸਪਤਾਲ ਬਟਾਲਾ ਦੀਆਂ ਘਾਟਾਂ ਨੂੰ ਦੂਰ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਮਾਰਚ ( ਅਮਰੀਕ ਮਠਾਰੂ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਹੈ ਕਿ ਸਿਵਲ ਹਸਪਤਾਲ ਬਟਾਲਾ ਦੀ ਹਾਲਤ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਜਲਦੀ ਹੀ ਲੋਕਾਂ ਨੂੰ ਏਥੇ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੇ ਸਫ਼ਾਈ ਪ੍ਰਬੰਧਾਂ ਸਮੇਤ ਹੋਰ ਵੀ ਕਈ ਖਾਮੀਆਂ ਨੋਟ ਕੀਤੀਆਂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਇਹ ਹਸਪਤਾਲ ਜੀਵਨ-ਰੇਖਾ ਹੈ ਅਤੇ ਇਸਦੇ ਸੁਧਾਰ ਲਈ ਉਹ ਆਪਣੀ ਪੂਰੀ ਵਾਹ ਲਗਾ ਦੇਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਟਾਫ ਸਬੰਧੀ ਜਾਂ ਮਸ਼ੀਨਰੀ ਸਬੰਧੀ ਜੋ ਘਾਟਾਂ ਹਨ ਉਨ੍ਹਾਂ ਨੂੰ ਵੀ ਨੋਟ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਘਾਟਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਵਿਚੋਂ ਹੀ ਦਵਾਈਆਂ ਮਿਲਣ ਇਹ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਜਿਥੇ ਸਿਵਲ ਹਸਪਤਾਲ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਓਥੇ ਬਟਾਲਾ ਸ਼ਹਿਰ ਵਿੱਚ ਤਿੰਨ ਨਵੇਂ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਜਲਦੀ ਹੀ ਹਾਂ-ਪੱਖੀ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਹਤ ਸੇਵਾਵਾਂ ਲੈਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਅਧਿਕਾਰੀਆਂ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ।

